Home ਪਟਿਆਲਾ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰਸ਼ਾਸਨ ਵੱਲੋਂ 2280 ਅਧਿਆਪਕਾਂ ਨੂੰ ਟਰੇਨਿੰਗ ਦੇਣ...

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰਸ਼ਾਸਨ ਵੱਲੋਂ 2280 ਅਧਿਆਪਕਾਂ ਨੂੰ ਟਰੇਨਿੰਗ ਦੇਣ ਦਾ ਉਪਰਾਲਾ

8
0

ਪਟਿਆਲਾ 12 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ, ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਦੇ ਆਪਸੀ ਸਹਿਯੋਗ ਨਾਲ ‘ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ’ ਬਾਰੇ ਅਧਿਆਪਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੀ ਟਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਵਿਖੇ 120 ਅਧਿਆਪਕਾਂ ਨੂੰ ਇੱਕ ਰੋਜ਼ਾ ਟਰੇਨਿੰਗ ਦਿੱਤੀ ਗਈ।
ਇਸ ਦੌਰਾਨ ਅਧਿਆਪਕਾਂ ਨੂੰ ਮਾਨਸਿਕ ਸਿਹਤ ਅਤੇ ਜਾਗਰੂਕਤਾ, ਸਕੂਲਾਂ ਨੂੰ ਦੇਖਭਾਲ ਅਤੇ ਸਹਾਇਤਾ ਦੇ ਕੇਂਦਰ ਵਜੋਂ ਵਿਕਸਿਤ ਕਰਨਾ, ਕਿਸ਼ੋਰ ਅਵਸਥਾ ਦੇ ਵਿਕਾਸ ਨੂੰ ਸਮਝਣਾ, ਵਿਦਿਆਰਥੀਆਂ ਦੀ ਭਲਾਈ ਅਤੇ ਮਾਨਸਿਕ ਸਿਹਤ ਲਈ ਸਹਾਇਤਾ ਦਾ ਢਾਂਚਾ ਤਿਆਰ ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਸਮਝਣਾ ਅਤੇ ਸਵੈ-ਦੇਖਭਾਲ (ਆਪਣੀ ਸਰੀਰਕ ਅਤੇ ਮਾਨਸਿਕ ਸਿਹਤ ਦਾ ਧਿਆਨ ਰੱਖਣਾ) ਆਦਿ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਵੱਲੋਂ ਦੋਹਾਂ ਟਰੇਨਿੰਗ ਕੇਂਦਰਾਂ ਦਾ ਮੁਆਇਨਾ ਕੀਤਾ ਗਿਆ ਅਤੇ ਪ੍ਰਬੰਧਾਂ ‘ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਖੁਰਾਣਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸ਼ਰਮਾ ਨੇ ਆਪਣੇ ਸੁਨੇਹੇ ਜ਼ਰੀਏ ਅਧਿਆਪਕਾਂ ਨੂੰ ਟਰੇਨਿੰਗ ਦੌਰਾਨ ਹਾਸਲ ਹੋਈ ਜਾਣਕਾਰੀ ਨੂੰ ਸਕੂਲਾਂ ਵਿੱਚ ਇੰਨ-ਬਿੰਨ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।
ਨਸ਼ਾ ਮੁਕਤੀ ਅਭਿਆਨ ਦੀ ਜ਼ਿਲ੍ਹਾ ਨੋਡਲ ਅਧਿਕਾਰੀ, ਨੀਰੂ ਬਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ 2280 ਅਧਿਆਪਕਾਂ ਨੂੰ 57 ਬੈਚਾਂ ਵਿੱਚ 4 ਨਵੰਬਰ ਤੱਕ ਇਹ ਟਰੇਨਿੰਗ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਚੱਲ ਰਹੀਆਂ ਸਰਗਰਮੀਆਂ ਨਾਲ ਵਿਦਿਆਰਥੀਆਂ ਵਿੱਚ ਕਾਫ਼ੀ ਜਾਗਰੂਕਤਾ ਦੇਖਣ ਨੂੰ ਮਿਲ ਰਹੀ ਹੈ।

LEAVE A REPLY

Please enter your comment!
Please enter your name here