Home ਪਟਿਆਲਾ ਪੀਆਰਟੀਸੀ ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਮੁਲਾਜ਼ਮ ਪੱਖੀ ਫ਼ੈਸਲਿਆਂ...

ਪੀਆਰਟੀਸੀ ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਮੁਲਾਜ਼ਮ ਪੱਖੀ ਫ਼ੈਸਲਿਆਂ ਸਮੇਤ ਵਿਕਾਸ ਕਾਰਜਾਂ ਨੂੰ ਦਿੱਤੀ ਗਈ ਨਵੀਂ ਰਫ਼ਤਾਰ,ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ; 309 ਨਵੀਆਂ ਆਪਣੀ ਮਾਲਕੀ ਵਾਲੀਆਂ ਸਧਾਰਨ ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕਰਨ ਸਮੇਤ ਅਹਿਮ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

8
0

ਪਟਿਆਲਾ,30 ਅਕਤੂਬਰ(ਮੁੱਖ ਸੰਪਾਦਕ) ਜਿਤੇਸ਼ ਜੋਲੀ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਅੱਜ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਿੱਥੇ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੇ ਮੁਲਾਜ਼ਮ ਪੱਖੀ ਫ਼ੈਸਲੇ ਲਏ ਗਏ, ਉੱਥੇ ਹੀ ਪੀਆਰਟੀਸੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਵੀ ਕੀਤੀ ਗਈ।
ਮੀਟਿੰਗ ਵਿੱਚ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ, ਚੀਫ਼ ਅਕਾਊਂਟਸ ਅਫ਼ਸਰ ਰਾਜੇਸ਼ ਸ਼ਰਮਾ, ਜਨਰਲ ਮੈਨੇਜਰ (ਪ੍ਰਸ਼ਾਸਨ) ਅਮਨਵੀਰ ਸਿੰਘ ਟਿਵਾਣਾ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜਨਰਲ ਮੈਨੇਜਰ (ਖਰੀਦ) ਮੋਹਿੰਦਰਪਾਲ ਸਿੰਘ ਅਤੇ ਜਨਰਲ ਮੈਨੇਜਰ (ਕੰਪਿਊਟਰਜ਼) ਰਮਨ ਸ਼ਰਮਾ ਸਮੇਤ ਵਿੱਤ ਵਿਭਾਗ ਅਤੇ ਸਟੇਟ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੀਆਰਟੀਸੀ ਦੇ ਭਵਿੱਖੀ ਵਿਕਾਸ ਅਤੇ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਅਹਿਮ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਨ੍ਹਾਂ ਵਿੱਚ ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਸੋਲਰ ਸਿਸਟਮ ਲਗਾਉਣ, ਰਿਟੇਲ ਪੈਟਰੋਲ ਪੰਪ ਸ਼ੁਰੂ ਕਰਨ, ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਅਤੇ ਪੀਆਰਟੀਸੀ ਦੀ ਆਪਣੀ ਮਾਲਕੀ ਵਾਲੀਆਂ 309 ਨਵੀਆਂ ਸਧਾਰਨ ਬੱਸਾਂ ਨੂੰ ਕਾਰਪੋਰੇਸ਼ਨ ਦੇ ਬੇੜੇ ਵਿੱਚ ਸ਼ਾਮਲ ਕਰਨ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜਾ ਲਿਆ ਗਿਆ।

ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਹੋਰ ਤੇਜ਼ੀ ਅਤੇ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੀਆਰਟੀਸੀ ਦੀ ਕਾਰਗੁਜ਼ਾਰੀ ਵਿੱਚ ਸੁਧਾਰ, ਯਾਤਰੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ, ਕਾਰਪੋਰੇਸ਼ਨ ਦੇ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਇਸ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣਾ ਮੁੱਖ ਤਰਜੀਹਾਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪੀਆਰਟੀਸੀ ਦੀ ਤਰੱਕੀ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ ਅਤੇ ਮੁਲਾਜ਼ਮਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਕਾਰਪੋਰੇਸ਼ਨ ਦੀ ਪਹਿਲ ਰਹੇਗੀ। ਮੁਲਾਜ਼ਮਾਂ ਦੀ ਭਲਾਈ ਅਤੇ ਵਿਭਾਗ ਦੇ ਵਿਕਾਸ ਨੂੰ ਨਾਲ-ਨਾਲ ਲੈ ਕੇ ਚੱਲਣ ਨਾਲ ਹੀ ਪੀਆਰਟੀਸੀ ਨੂੰ ਹੋਰ ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਾਲੀ ਟਰਾਂਸਪੋਰਟ ਬਣਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here