Home ਪਟਿਆਲਾ ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਲੜਕੀਆਂ ਲਈ 15 ਕਰੋੜ ਦੀ ਲਾਗਤ ਨਾਲ ਬਣੇਗਾ...

ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਲੜਕੀਆਂ ਲਈ 15 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਹੋਸਟਲ : ਹਰਪਾਲ ਸਿੰਘ ਚੀਮਾ,ਵਿੱਤ ਮੰਤਰੀ ਵੱਲੋਂ ਪੰਜਾਬ ਪੁਲਿਸ ’ਚ ਖਿਡਾਰੀਆਂ ਲਈ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ

11
0

ਪਟਿਆਲਾ 24 ਅਕਤੂਬਰ (ਮੁੱਖ ਸੰਪਾਦਕ) ਜਿਤੇਸ਼ ਜੋਲੀ

ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਯੁਵਕ ਮੇਲੇ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਯੂਨੀਵਰਸਿਟੀ ਆਪਣੀ ਵੱਖਰੀ ਪਛਾਣ ਬਣਾ ਰਹੀ ਹੈ। ਉਨ੍ਹਾਂ ਯੂਨੀਵਰਸਿਟੀ ਦੀ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕਰਦਿਆਂ ਐਲਾਨ ਕੀਤਾ ਕਿ ਲੜਕੀਆਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਸਟਲ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਪੁਲਿਸ ਵਿੱਚ ਖਿਡਾਰੀਆਂ ਲਈ ਰਾਖਵਾਂਕਰਨ 3 ਫ਼ੀਸਦੀ ਤੋਂ ਵਧਾ ਕੇ 10 ਫ਼ੀਸਦੀ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਪਹੁੰਚ ਕੇ ਯੁਵਕ ਮੇਲੇ ਵਿੱਚ ਉਤਸ਼ਾਹ ਨਾਲ ਭਾਗ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇੱਕ ਸਵਾਲ ਦੇ ਜਵਾਬ ਵਿੱਚ ਸ. ਚੀਮਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਪੰਜਾਬ ਦੇ ਹਿੱਤਾਂ ਦੇ ਅਨੁਕੂਲ ਨਹੀਂ ਹਨ, ਜਿਸ ਕਾਰਨ ਸੂਬੇ ਨੂੰ ਆਪਣੇ ਹੱਕ ਨਹੀਂ ਮਿਲ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਪੰਜਾਬ ਦੀ ਵਿੱਤੀ ਸਥਿਤੀ ਨੂੰ ਠੀਕ ਦੱਸਦਿਆਂ ਕਿਹਾ ਕਿ ਮਾਵਾਂ-ਧੀਆਂ ਯੋਜਨਾ ਸਮੇਤ ਸਰਕਾਰ ਦੀਆਂ ਹੋਰ ਯੋਜਨਾਵਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ।

ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਪਹਿਲਾਂ ਹੀ ਖੇਡਾਂ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਹੈ ਅਤੇ ਹੁਣ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵੱਲ ਵਧ ਰਹੀ ਹੈ। ਉਨ੍ਹਾਂ ਇਸ ਉਪਰਾਲੇ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵਧਾਈ ਦਿੱਤੀ।

ਯੁਵਕ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਬਹੁਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਪਹਿਲੇ ਯੁਵਕ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬ ਦੇ ਅਲੋਪ ਹੋ ਰਹੇ ਵਿਰਸੇ ਅਤੇ ਵਿਰਾਸਤ ਨਾਲ ਜੋੜਨਾ ਹੈ।

ਉਨ੍ਹਾਂ ਦੱਸਿਆ ਕਿ ਯੁਵਕ ਮੇਲੇ ਦੌਰਾਨ ਪੰਜਾਬ ਦੇ ਅਮੀਰ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਦੇਖਣ ਨੂੰ ਮਿਲੀਆਂ। ਮੇਲੇ ਵਿੱਚ ਗਿੱਧਾ, ਭੰਗੜਾ, ਸਕਿੱਟ, ਮਿਮਿਕਰੀ, ਰਵਾਇਤੀ ਗੀਤ, ਲੋਕ ਗੀਤ ਅਤੇ ਪ੍ਰਦਰਸ਼ਨੀ ਪਹਿਰਾਵੇ ਵਰਗੀਆਂ ਮੰਚੀ ਕਲਾਵਾਂ ਤੋਂ ਇਲਾਵਾ ਭਾਸ਼ਣ ਮੁਕਾਬਲੇ, ਕਵਿਤਾ ਉਚਾਰਣ, ਪੋਸਟਰ ਮੇਕਿੰਗ ਅਤੇ ਕੋਲਾਜ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ।

ਇਸੇ ਤਰ੍ਹਾਂ ਕੋਮਲ ਕਲਾਵਾਂ ਅਧੀਨ ਨਾਲਾ ਬੁਣਨਾ, ਪੱਖੀ ਬੁਣਨਾ, ਗੁੱਡੀਆਂ-ਪਟੋਲੇ ਬਣਾਉਣਾ, ਮਿੱਟੀ ਦੇ ਖਿਡੌਣੇ ਤਿਆਰ ਕਰਨਾ ਅਤੇ ਰੰਗੋਲੀ ਬਣਾਉਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਲੋਕ ਖੇਡਾਂ ਵਿੱਚ ਸ਼ਟਾਪੂ, ਗੀਟੇ, ਰੱਸੀ ਟੱਪਣਾ ਅਤੇ ਰੱਸਾਕਸ਼ੀ ਦੇ ਮੁਕਾਬਲੇ ਵੀ ਖਿੱਚ ਦਾ ਕੇਂਦਰ ਰਹੇ।

ਡਾ. ਗਿੱਲ ਨੇ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਦੇ 15 ਤੋਂ ਵੱਧ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਰਹਿਣ ਅਤੇ ਖਾਣ-ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਉਨ੍ਹਾਂ ਕਿਹਾ ਕਿ ਮੇਲੇ ਦਾ ਮਕਸਦ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੇ ਹੁਨਰ ਨੂੰ ਹੋਰ ਨਿਖਾਰਨ ਦੇ ਮੌਕੇ ਪ੍ਰਦਾਨ ਕਰਨਾ ਹੈ।

ਇਸ ਮੌਕੇ ਪੰਜਾਬ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਸ. ਬਲਜਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਗੁਰਦੇਵ ਧਮ, ਪੰਜਾਬੀ ਫ਼ਿਲਮ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਸੁਨੀਤਾ ਧੀਰ, ਬਿੰਨੂ ਢਿੱਲੋਂ, ਕੰਵਲਜੀਤ ਸਿੰਘ ਢੀਂਡਸਾ, ਸਵਰਨ ਰਟੌਲ ਅਤੇ ਹਾਕੀ ਓਲੰਪੀਅਨ ਰੂਪਾ ਸੈਣੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਦੀ ਵਿਸ਼ੇਸ਼ ਪੇਸ਼ਕਾਰੀ ਮੇਲੇ ਦਾ ਮੁੱਖ ਆਕਰਸ਼ਣ ਰਹੀ।

LEAVE A REPLY

Please enter your comment!
Please enter your name here